ਪਿਆਰੇ ਨੌਜਵਾਨੋ ਅਤੇ ਵਿਦਿਆਰਥੀਓ!
ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅੰਗਰੇਜ਼ ਸਾਮਰਾਜ ਨੇ 16 ਨਵੰਬਰ 1915 ਨੂੰ ਸ਼ਹੀਦ ਕਰ ਦਿੱਤਾ ਸੀ। ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਸਾਥੀਆਂ ਦਾ 100ਵਾਂ ਸ਼ਹੀਦੀ ਦਿਵਸ, ਸਾਮਰਾਜ ਦੇ ਖ਼ਿਲਾਫ ਸਾਰੇ ਸੰਸਾਰ ਅੰਦਰ ਮਨਾਇਆ ਜਾ ਰਿਹਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਗਦਰ ਪਾਰਟੀ ਦੇ ਮਹਾਨ ਹੀਰੋ ਸਨ, ਉਹ ਪੜ੍ਹਾਈ ਦੀ ਖਾਤਰ ਅਮਰੀਕਾ ਗਏ ਅਤੇ ਉਥੇ ਭਾਰਤੀਆਂ ਨਾਲ ਹੋ ਰਹੇ ਵਿਤਕਰੇ ਤੋਂ ਦੁਖੀ ਹੋ ਕੇ ਗਦਰ ਪਾਰਟੀ ਨਾਲ ਜੁੜ ਗਏ। ਉਨ੍ਹਾਂ ਗਦਰ ਅਖ਼ਬਾਰ ਕੱਢਣ ਲਈ ਆਪਣੀ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵਾਪਸ ਭਾਰਤ ਆ ਗਏ, ਜਿਥੇ ਦੇਸ਼ ਦੀ ਆਜ਼ਦੀ ਦੇ ਅੰਦੋਲਨ 'ਚ ਉਨ੍ਹਾਂ ਆਪਣਾ ਯੋਗਦਾਨ ਪਾਇਆ। ਕਰਤਾਰ ਸਿੰਘ ਸਰਾਭਾ ਨੇ ਸਭ ਤੋਂ ਛੋਟੀ ਉਮਰ 'ਚ ਫਾਂਸੀ ਦੇ ਰੱਸੇ ਨੂੰ ਚੁੰਮਿਆ। ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਨੇ ਉਸ ਵੇਲੇ ਦੇ ਨੌਜਵਾਨਾਂ ਨੂੰ ਹਲੂਣਾ ਦਿੱਤਾ। ਇਥੋਂ ਤੱਕ ਸ਼ਹੀਦ ਭਗਤ ਸਿੰਘ ਨੂੰ ਵੀ ਸਰਾਭਾ ਦੀ ਸ਼ਹੀਦੀ ਨੇ ਪ੍ਰਭਾਵਿਤ ਕੀਤਾ ਸੀ। ਸ਼ਹੀਦ ਭਗਤ ਸਿੰਘ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਰਾਜਸੀ ਗੁਰੂ ਤਸੱਵਰ ਕੀਤਾ ਸੀ। ਸ਼ਹੀਦ ਭਗਤ ਸਿੰਘ ਨੇ ਵੀ ਸਾਮਰਾਜ ਖ਼ਿਲਾਫ ਆਪਣੀ ਜੰਗ ਨੂੰ ਜਾਰੀ ਰੱਖਿਆ। ਇਨਕਾਲਬ ਜਿੰਦਾਬਾਦ - ਸਾਮਰਾਜਵਾਦ ਮੁਰਦਾਬਾਦ ਦਾ ਨਾਅਰਾ ਲਗਾ ਕੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼ਹੀਦੀ ਜਾਮ ਪੀਤਾ। ਦੇਸ਼ ਦੀ ਆਜ਼ਾਦੀ ਲਈ ਚਲੇ ਘੋਲ 'ਚ ਗ਼ਦਰ ਪਾਰਟੀ, ਬਬਰ ਅਕਾਲੀਆਂ, ਕੂਕਾ ਲਹਿਰ ਸਮੇਤ ਹੋਰਨਾ ਲਹਿਰਾਂ ਨੇ ਆਪਣਾ ਯੋਗਦਾਨ ਪਾਇਆ, ਜਿਸ 'ਚ ਗ਼ਦਰ ਪਾਰਟੀ ਦਾ ਰੋਲ਼ ਸੁਨਿਹਰੀ ਅੱਖਰਾਂ 'ਚ ਲਿਖਿਆ ਹੋਇਆ ਹੈ। ਗ਼ਦਰ ਪਾਰਟੀ ਦੀ ਇਹ ਵਿਸ਼ੇਸ਼ਤਾ ਵੀ ਸੀ ਕਿ ਇਸ 'ਚ ਹਰ ਧਰਮ, ਰੰਗ ਰੂਪ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਤੋਂ ਸ਼ਾਮਲ ਕੀਤਾ ਗਿਆ ਸੀ।
ਇਥੇ ਇਹ ਵਰਨਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਮੌਕੇ 24 ਮਈ 2001 ਨੂੰ ਕੀਤਾ ਗਿਆ ਸੀ। ਆਪਣੀਆਂ ਮਹਾਨ ਰਵਾਇਤਾਂ ਨੂੰ ਅੱਗੇ ਤੋਰਦਿਆ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਸ਼ਹੀਦ ਕਰਤਾਰ ਸਿੰਘ ਦਾ ਸਰਾਭਾ ਦਾ ਸ਼ਤਾਬਦੀ ਸ਼ਹੀਦੀ ਵਰ੍ਹਾ ਵੱਖ-ਵੱਖ ਤਰ੍ਹਾਂ ਮਨਾਇਆ ਜਾ ਰਿਹਾ ਹੈ। ਸਭਾ ਵਲੋਂ ਸ਼ਹੀਦੀ ਸ਼ਤਾਬਦੀ ਵਰ੍ਹੇ ਦੀ ਆਰੰਭਤਾ ਪਿੰਡ ਸਰਾਭਾ ਤੋਂ ਕੀਤੀ ਸੀ ਅਤੇ ਹੁਣ ਉਨ੍ਹਾਂ ਦੀ ਸ਼ਹੀਦੀ ਨੂੰ ਸਮ੍ਰਪਿਤ ਅੰਮ੍ਰਿਤਸਰ 'ਚ ਜਲ੍ਹਿਆਂ ਵਾਲੇ ਬਾਗ 'ਚ 14 ਨਵੰਬਰ 2015 ਨੂੰ ਵੱਡਾ ਇਕੱਠ ਕੀਤਾ ਜਾ ਰਿਹਾ ਹੈ। ਜਲ੍ਹਿਆਂ ਵਾਲੇ ਬਾਗ਼ ਦੀ ਮਹਾਨ ਧਰਤੀ 'ਤੇ ਅੰਗਰੇਜ਼ ਸਾਮਰਾਜ ਨੇ 13 ਅਪ੍ਰੈਲ 1919 ਨੂੰ ਗੋਲੀਆਂ ਚਲਾ ਕੇ ਸੈਕੜੇ ਲੋਕਾਂ ਨੂੰ ਸ਼ਹੀਦ ਕਰ ਦਿੱਤਾ ਸੀ।
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਮਹਾਨ ਸ਼ਹੀਦਾਂ ਤੋਂ ਸੇਧ ਲੈਂਦਿਆ ਸਾਮਰਾਜ ਦੇ ਖਿਲਾਫ ਆਪਣੀ ਜੰਗ ਜਾਰੀ ਰੱਖਣ ਦਾ ਅਹਿਦ ਕੀਤਾ ਹੋਇਆ ਹੈ। ਇਸ ਨੇ ਨਾਲ ਹੀ ਨੌਜਵਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵੀ ਸੰਘਰਸ਼ ਆਰੰਭਿਆ ਹੋਇਆ ਹੈ। ਸਭਾ ਵਲੋਂ 'ਬਰਾਬਰ ਵਿਦਿਆ, ਸਿਹਤ ਤੇ ਰੁਜ਼ਗਾਰ-ਸਭ ਦਾ ਹੋਵੇ ਇਹ ਅਧਿਕਾਰ' ਤਹਿਤ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਲਾਮਬੰਦ ਕਰਨਾ ਆਰੰਭ ਕੀਤਾ ਹੋਇਆ ਹੈ। 'ਵਿਦਿਆ ਦਿਓ, ਰੁਜ਼ਗਾਰ ਦਿਓ ਸਭ ਨੂੰ ਇਹ ਅਧਿਕਾਰ ਦਿਓ!' ਤਹਿਤ ਵੀ ਅਲੱਗ-ਅਲੱਗ ਮੁਹਿੰਮਾਂ ਚਲਾਈਆਂ ਗਈਆ। ਇਸ ਦੌਰਾਨ ਸਥਾਈ ਰੁਜ਼ਗਾਰ ਦੀ ਪ੍ਰਾਪਤੀ ਲਈ ਰੁਜ਼ਗਾਰ ਦਫ਼ਤਰਾਂ ਅੱਗੇ ਧਰਨੇ ਲਗਾ ਕੇ ਸਰਕਾਰ ਦੇ ਕੰਨਾਂ ਤੱਕ ਵੀ ਅਵਾਜ਼ ਪੁੱਜਦੀ ਕੀਤੀ ਗਈ। ਬੇਰੁਜ਼ਗਾਰੀ ਦੀ ਚੱਕੀ 'ਚ ਪਿਸ ਰਹੇ ਅਤੇ ਨਸ਼ਿਆਂ 'ਚ ਫਸ ਚੁੱਕੇ ਨੌਜਵਾਨਾਂ ਨੂੰ ਸੰਕਟ 'ਚੋਂ ਕੱਢਣ ਲਈ ਸਭਾ ਵਲੋਂ 'ਨਸ਼ਾ ਬੰਦ ਕਰੋ - ਵਿਦਿਆ ਅਤੇ ਰੁਜ਼ਗਾਰ ਦਾ ਪ੍ਰਬੰਧ ਕਰੋ' ਤਹਿਤ ਪਿਛਲੇ ਸਮੇਂ ਜਿਲ੍ਹਾ ਪੱਧਰ 'ਤੇ ਧਰਨੇ ਦਿੱਤੇ ਜਾ ਚੁੱਕੇ ਹਨ ਅਤੇ ਇਸ ਮੁਹਿੰਮ ਨੂੰ ਹੋਰ ਅੱਗੇ ਤੋਰਿਆ ਜਾ ਰਿਹਾ ਹੈ। ਹਾਕਮ ਧਿਰ ਵਲੋਂ ਜਲ੍ਹਿਆਂ ਵਾਲੇ ਬਾਗ ਨੂੰ ਸੁੰਦਰ ਬਣਾਉਣ ਦੇ ਨਾਂ ਹੇਠ ਚੱਲੀਆਂ ਕੋਝੀਆਂ ਚਾਲਾਂ ਨੂੰ ਵੀ ਸਭਾ ਵਲੋਂ ਦੂਜੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਆਰੰਭਿਆ ਗਿਆ ਅਤੇ ਜਿੱਤ ਪ੍ਰਾਪਤ ਕੀਤੀ ਗਈ।
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਵਿਸਥਾਰ ਕਰਦਿਆ ਹਰਿਆਣਾ 'ਚ ਵੀ ਜਥੇਬੰਦਕ ਪੱਖ ਤੋਂ ਆਪਣੇ ਪੈਰ ਪਸਾਰਨੇ ਆਰੰਭ ਕੀਤਾ ਹੋਏ ਹਨ। ਵਿਦਿਆਰਥੀਆਂ ਦੀਆਂ ਜਥੇਬੰਦੀਆਂ ਪੰਜਾਬ ਸਟੂਡੈਂਟਸ ਫ਼ੈਡਰੇਸ਼ਨ (ਬਤਿ ਅਤੇ ਹਰਿਆਣਾ ਸਟੂਡੈਂਟਸ ਯੂਨੀਅਨ (ੀਤਚ) ਵਲੋਂ ਵੀ ਇਨ੍ਹਾਂ ਮੁਹਿੰਮਾਂ 'ਚ ਆਪਣਾ ਯੋਗਾਦਨ ਪਾਇਆ ਜਾ ਰਿਹਾ ਹੈ। ਇਹ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਜਿੱਥੇ ਪੋਸਟ ਮੈਟ੍ਰਿਕ ਸਕੀਮ ਵਰਗੇ ਮੁੱਦੇ 'ਤੇ ਲੜਾਈ ਲੜ ਰਹੀਆ ਹਨ ਉਥੇ ਮਹਿੰਗੀ ਵਿਦਿਆ, ਬੱਸ ਪਾਸਾਂ ਸਮੇਤ ਵਿਦਿਆਰਥੀਆਂ ਦੀਆਂ ਹੋਰਨਾ ਅਨੇਕਾਂ ਮੰਗਾਂ ਮਨਵਾਉਣ ਲਈ ਸੰਘਰਸ਼ਾਂ ਦਾ ਪਿੜ ਮੱਲਿਆ ਹੋਇਆ ਹੈ ਅਤੇ ਨਾਲ ਹੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹਰ ਸੰਘਰਸ਼ 'ਚ ਇੱਕ ਦੂਜੇ ਨੂੰ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ।
ਦੇਸ਼ ਦੇ ਹਾਕਮ ਚਾਹੇ ਉਹ ਕਿਸੇ ਵੀ ਰੰਗ ਰੂਪ ਦੇ ਹੋਣ, ਵਲੋਂ ਸੰਸਾਰੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆ ਤਹਿਤ ਦੇਸ਼ ਨੂੰ ਗਹਿਣੇ ਰੱਖਿਆ ਜਾ ਰਿਹਾ ਹੈ। ਦੇਸ਼ ਦੀ ਕੀਮਤੀ ਸੰਪਤੀ ਜਲ, ਜੰਗਲ ਅਤੇ ਜ਼ਮੀਨ ਦੇਸ਼ ਦੇ ਹਾਕਮਾਂ ਵਲੋਂ ਵਿਦੇਸ਼ੀ ਕੰਪਨੀਆਂ ਨੂੰ ਕੌਂਡੀਆਂ ਦੇ ਭਾਅ ਦਿੱਤੀ ਜਾ ਰਹੀ ਹੈ। ਜਿਸ ਲਈ ਜ਼ੋਰਾਂ ਸ਼ੋਰਾਂ ਨਾਲ ਨਵੇਂ ਕਾਨੂੰਨ ਵੀ ਬਣਾਏ ਜਾ ਰਹੇ ਹਨ ਅਤੇ ਕੁੱਝ ਕਨੂੰਨਾਂ ਨੂੰ ਪੇਤਲਾ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ੀ ਕੰਪਨੀਆਂ ਨੂੰ ਕਿਸੇ ਵੀ ਕਿਸਮ ਦੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਦੇਸ਼ ਦੇ ਹਾਕਮਾਂ ਨੇ ਸਾਮਰਾਜ ਨਾਲ ਭਿਆਲੀ ਪਾ ਕੇ ਇਥੋਂ ਦੀ ਵਿਦਿਆ, ਰੁਜ਼ਗਾਰ ਅਤੇ ਸਿਹਤ ਸਹੂਲਤਾਂ ਦਾ ਬੇੜਾ ਗਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਅਜਿਹੇ ਹਲਾਤ 'ਚ ਦੇਸ਼ ਦੇ ਹਾਕਮਾਂ ਨੇ ਨੌਜਵਾਨਾਂ ਦੀ ਸੋਚ ਨੂੰ ਖੂੰਡਾਂ ਕਰਨ ਲਈ ਨੌਜਵਾਨਾਂ ਨੂੰ ਨਸ਼ਿਆਂ 'ਚ ਗਲਤਾਨ ਕਰਕੇ ਰੱਖ ਦਿੱਤਾ ਹੈ।
ਦੇਸ਼ ਦੀ ਆਜ਼ਾਦੀ ਦੇ ਅੰਦੋਲਨ 'ਚ ਮਹਾਨ ਦੇਸ਼ ਭਗਤਾਂ ਨੇ ਆਪਣਾ ਸਾਰਾ ਜੀਵਨ, ਸਾਮਰਾਜੀਆਂ ਨੂੰ ਬਾਹਰ ਕੱਢਣ 'ਤੇ ਲਗਾ ਦਿੱਤਾ ਅਤੇ ਮੌਜੂਦਾ ਹਾਕਮ ਸਾਮਰਾਜੀਆਂ ਨੂੰ ਇਥੇ ਸੱਦਣ ਲਈ ਪੂਰਾ ਜੋਰ ਲਗਾ ਰਹੇ ਹਨ। ਇਹ ਇੱਕ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ। ਇਹ ਫਿਕਰ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕਰਨਾ ਹੋਵੇਗਾ। ਜੇ ਅੱਜ ਫਿਕਰ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਨੂੰ ਇੱਕ ਹੋਰ ਆਜ਼ਾਦੀ ਦੀ ਲੜਾਈ ਲਈ ਕੁਰਬਾਨੀਆਂ ਕਰਨੀਆਂ ਪੈਣਗੀਆ।
ਨੌਜਵਾਨੋ ਅਤੇ ਵਿਦਿਆਰਥੀਓ, ਆਓ! ਆਪਾ ਇਕੱਠੇ ਹੋਈਏ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਵਿਚਾਰਾਂ 'ਤੇ ਪਹਿਰਾ ਦੇਣ ਦਾ ਦ੍ਰਿੜ ਇਰਾਦਾ ਬਣਾਈਏ!!
ਨੌਜਵਾਨੋ ਅਤੇ ਵਿਦਿਆਰਥੀਓ, ਆਪਾ ਹਾਕਮਾਂ ਦੇ ਵਿਛਾਏ ਜਾਲ 'ਚੋਂ ਬਾਹਰ ਨਿਕਲੀਏ ਅਤੇ ਆਪਣੀਆਂ ਹੱਕੀ ਮੰਗਾਂ ਲਈ ਲਾਮਬੰਦ ਹੋਈਏ।
ਆਓ, ਜਾਗ ਜਵਾਨਾਂ ਜਾਗ - ਚੱਲ ਜਲ੍ਹਿਆਂ ਵਾਲੇ ਬਾਗ਼
ਦਾ ਨਾਅਰਾ ਘਰ-ਘਰ ਪੁੱਜਦਾ ਕਰੀਏ।
14 ਨਵੰਬਰ ਨੂੰ ਅੰਮ੍ਰਿਤਸਰ ਦੀ ਇਤਿਹਾਸਕ ਧਰਤੀ 'ਤੇ ਪੁੱਜੀਏ ਅਤੇ ਸ਼ਹੀਦਾਂ ਨੂੰ ਯਾਦ ਕਰੀਏ!!!
ਫੌਰੀ ਮੁੱਦੇ
1. ਕੰਮ ਦੇ ਅਧਿਕਾਰ ਨੂੰ ਮੌਲਿਕ ਅਧਿਕਾਰਾਂ 'ਚ ਸ਼ਾਮਲ ਕੀਤਾ ਜਾਵੇ।
2. ਬੇਰੁਜ਼ਗਾਰੀ ਭੱਤਾ ਯੋਗਤਾ ਅਨੁਸਾਰ ਬਣਦੀ ਤਨਖਾਹ ਦਾ ਅੱਧ ਦਿੱਤਾ ਜਾਵੇ ਅਤੇ ਚੋਣ ਵਾਅਦੇ ਮੁਤਾਬਿਕ 1000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਤੁਰੰਤ ਦੇਣਾ ਚਾਲੂ ਕੀਤਾ ਜਾਵੇ।
3. ਗਰੈਜੂਏਸ਼ਨ ਪੱਧਰ ਤੱਕ ਦੀ ਮੁਫ਼ਤ ਵਿਦਿਆ ਹਰੇਕ ਬੱਚੇ ਨੂੰ ਲਾਜ਼ਮੀ ਤੌਰ 'ਤੇ ਦਿੱਤੀ ਜਾਵੇ।
4. ਵਿਦਿਆ ਦਾ ਵਪਾਰੀਕਰਨ, ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਨਾਲ ਚੋਣਾਂ ਸਮੇਂ ਲੈਪਟਾਪ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾਵੇ।
5. ਸਰਕਾਰੀ ਅਤੇ ਅਰਧ ਸਰਕਾਰੀ ਮਹਿਕਮਿਆਂ 'ਚ ਖਾਲੀ ਪਈਆ ਅਸਾਮੀਆਂ ਰੈਗੂਲਰ ਭਰੀਆ ਜਾਣ ਅਤੇ ਠੇਕੇਦਾਰੀ ਪ੍ਰਥਾ ਨੂੰ ਬੰਦ ਕੀਤਾ ਜਾਵੇ। ਠੇਕੇ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਤੁਰੰਤ ਰੈਗਲਰ ਕੀਤਾ ਜਾਵੇ।
6. ਰੁਜ਼ਗਾਰ ਦੇ ਨਵੇਂ ਵਸੀਲੇ ਪੈਂਦਾ ਕੀਤੇ ਜਾਣ।
7. ਨਸ਼ਾ ਸਮਗਲਰ, ਪੁਲੀਸ ਅਤੇ ਸਿਆਸੀ ਗੱਠਜੋੜ ਨੂੰ ਨੱਥ ਪਾਈ ਜਾਵੇ।
8. ਨੌਜਵਾਨਾਂ ਦੇ ਸਰੀਰਕ ਵਿਕਾਸ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਅੰਦਰ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾਵੇ।
9. ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾਵੇ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਸੰਸਥਾਨਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
10. ਗੰਦੇ ਅਤੇ ਲੱਚਰ ਸਹਿਤ ਉਪਰ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ।
11. ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
12. ਬੱਸ ਪਾਸਾਂ ਦੀ ਸਹੂਲਤ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ 'ਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ। #
No comments:
Post a Comment